RSS

ਸੀ.ਪੀ.ਆਈ.(ਮਾਓਵਾਦੀ) ਦੇ ਪੋਲਿਟ ਬਿਓਰੋ ਮੈਂਬਰ ਕਿਸ਼ਨ ਜੀ ਦੀ ਹੱਤਿਆ ਬਾਰੇ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੇ ਤਾਲਮੇਲ ਵਲੋਂ ਜਾਰੀ ਕੀਤੀ ਪੜਤਾਲੀਆ ਰਿਪੋਰਟ

05 Dec

[ਸੀ.ਪੀ.ਆਈ.(ਮਾਓਵਾਦੀ) ਦੇ ਚੋਟੀ ਦੇ ਆਗੂ ਕਾ. ਕਿਸ਼ਨਜੀ ਦੇ ਮੁਕਾਬਲੇ ‘ਚ ਮਾਰੇ ਜਾਣ ਦਾ ਝੂਠ ਨੰਗਾ ਹੋਣਾ ਸ਼ੁਰੂ ਹੋ ਗਿਆ ਹੈ। ਜਮਹੂਰੀ ਜਥੇਬੰਦੀਆਂ, ਲੋਕਪੱਖੀ ਬੁੱਧੀਜੀਵੀਆਂ ਅਤੇ ਨਿਰਪੱਖ ਪੱਤਰਕਾਰਾਂ ਵਲੋਂ ਕੀਤੀ ਗਈ ਜਾਂਚ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਕਾ. ਕਿਸ਼ਨਜੀ ਨੂੰ ਇਕ ਸੋਚੀ-ਸਮਝੀ ਵਿਉਂਤ ਤਹਿਤ ਗ੍ਰਿਫ਼ਤਾਰ ਕਰਕੇ ਹਿਰਾਸਤ ‘ਚ ਭਾਰੀ ਤਸੀਹੇ ਦੇਣ ਪਿੱਛੋਂ ਕਤਲ ਕੀਤਾ ਗਿਆ। ਇਹ ਸਿਆਸੀ ਕਤਲ ਉਸ ਸਮੇਂ ਕੀਤਾ ਗਿਆ ਜਦੋਂ ਮਾਓਵਾਦੀ ਪਾਰਟੀ ਨੇ ਪੱਛਮੀ ਬੰਗਾਲ ‘ਚ ਜੰਗਬੰਦੀ ਦਾ ਐਲਾਨ ਕੀਤਾ ਹੋਇਆ ਹੈ ਅਤੇ ਮਮਤਾ ਬੈਨਰਜੀ ਸਰਕਾਰ ਵੀ ਵਾਰ-ਵਾਰ ਬਿਆਨ ਦਿੰਦੀ ਰਹੀ ਹੈ ਕਿ ਮਾਓਵਾਦੀਆਂ ਖ਼ਿਲਾਫ਼ ਸੁਰੱਖਿਆ ਦਸਤਿਆਂ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਅਪਰੇਸ਼ਨ ਗ੍ਰੀਨ ਹੰਟ ਵਿਰੋਧੀ ਫਰੰਟ ਵਲੋਂ ਪੰਜਾਬ ਦੇ ਲੋਕਾਂ ਨੂੰ ਇਸ ਸਿਆਸੀ ਕਤਲ ਦੀ ਅਸਲੀਅਤ ਤੋਂ ਜਾਣੂੰ ਕਰਾਉਣ ਲਈ 3 ਦਸੰਬਰ ਨੂੰ ਜਾਰੀ ਕੀਤੀ ਗਈ ਇਹ ਰਿਪੋਰਟ ਹੂ-ਬ-ਹੂ ਛਾਪੀ ਜਾ ਰਹੀ ਹੈ।]

ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੇ ਤਾਲਮੇਲ ਦਾ ਅੰਗ ਚਾਰ ਜਥੇਬੰਦੀਆਂ—ਐਸੋਸੀਏਸ਼ਨ ਫਾਰ ਪ੍ਰੋਟੈਕਸ਼ਨ ਆਫ ਡੈਮੋਕਰੇਟਿਕ ਰਾਈਟਸ, ਆਂਧਰਾ ਪ੍ਰਦੇਸ਼ ਸਿਵਲ ਲਿਬਰਟੀ ਕਮੇਟੀ, ਬੰਦੀ ਮੁਕਤੀ ਕਮੇਟੀ ਅਤੇ ਪੀਪਲਜ਼ ਯੂਨੀਅਨ ਫਾਰ ਡੈਮੋਕਰੇਟਿਕ ਰਾਈਟਸ (ਦਿੱਲੀ)—ਦੀ 22 ਮੈਂਬਰੀ ਟੀਮ ਨੇ ਪਹਿਲੀ ਦਸੰਬਰ 2011 ਨੂੰ ਮਲੋਜੁਲਾ ਕੋਟੇਸ਼ਵਰ ਰਾਓ (ਅੱਕਾ ਕਿਸ਼ਨਜੀ) ਦੇ ਪੁਲਿਸ ਮੁਕਾਬਲੇ ‘ਚ ਮਾਰੇ ਜਾਣ ਦੀ ਪੜਤਾਲ ਕੀਤੀ। ਟੀਮ ਨੇ ਪੱਛਮੀ ਮੇਦਨੀਪੁਰ ਦੇ ਬੁਰੀਸੋਲ ਦੀ ਸੋਰਾਕਾਟਾ ਬਸਤੀ ਅਤੇ ਗੋਸਾਈਬੰਧ ਪਿੰਡ ਦਾ ਦੌਰਾ ਕੀਤਾ। ਟੀਮ ਨੇ ਦੋਵਾਂ ਪਿੰਡਾਂ ਦੇ ਵਸਨੀਕਾਂ, ਜੰਬੋਨੀ ਪੁਲਿਸ ਥਾਣੇ ਦੇ ਸਬ ਇੰਸਪੈਕਟਰ ਅਤੇ ਏ ਐੱਸ ਆਈ ਨਾਲ ਗੱਲ ਕੀਤੀ, ਅਤੇ ਉਸ ਥਾਂ ਦਾ ਦੌਰਾ ਕੀਤਾ ਜਿੱਥੇ 24 ਨਵੰਬਰ ਨੂੰ ਅਖੌਤੀ ਮੁਕਾਬਲਾ ਹੋਇਆ।
ਘਟਨਾ ਦੀ ਥਾਂ: ਜਿਸ ਥਾਂ ਤੋਂ ਕਿਸ਼ਨਜੀ ਦੀ ਲਾਸ਼ ਮਿਲੀ ਉਹ ਬੁਰੀਸੋਲ ਪਿੰਡ ਦੀ ਸੋਰਾਕਾਟਾ ਬਸਤੀ ਤੋਂ ਲਗਭਗ 300 ਮੀਟਰ ‘ਤੇ ਹੈ। ਇਹ ਪਿੰਡ ਦੇ ਫੁੱਟਬਾਲ ਦੇ ਮੈਦਾਨ ਤੋਂ ਮੁਸ਼ਕਲ ਨਾਲ 50 ਕੁ ਮੀਟਰ ਦੂਰ ਹੈ ਅਤੇ ਸਾਲ ਦੇ ਰੁੱਖ਼ਾਂ ਹੇਠਾਂ ਢਕਿਆ ਹੋਇਆ ਹੈ। ਜਿੱਥੇ ਲਾਸ਼ ਜ਼ਮੀਨ ‘ਤੇ ਡਿਗੀ ਮਿਲੀ ਸੀ ਉਸ ਦੇ ਨਾਲ ਸੱਜੇ ਪਾਸੇ ਸਿਉਂਕ ਦੀ ਵਰਮੀ ਹੈ। ਚਾਰ-ਚੁਫੇਰੇ ਵਿਰਲੇ-ਵਿਰਲੇ ਸਾਲ ਦੇ ਰੁੱਖ਼ ਹਨ ਜਿਨ੍ਹਾਂ ਤੋਂ ਇਕ ਤਰ੍ਹਾਂ ਦੇ ਕਵਰ ਦਾ ਪ੍ਰਭਾਵ ਪੈਂਦਾ ਹੈ। ਗੋਲੀਆਂ ਦੇ ਅਖੌਤੀ ਵਟਾਂਦਰੇ ਨਾਲ ਸਿਉਂਕ ਦੀ ਵਰਮੀ ਦਾ ਕੋਈ ਨੁਕਸਾਨ ਨਹੀਂ ਹੋਇਆ। ਜਿੱਥੇ ਜ਼ਮੀਨ ਉੱਪਰ ਲਾਸ਼ ਮਿਲੀ ਸੀ ਉੱਥੇ ਸਿਰ ਅਤੇ ਧੜ ਵਾਲੀ ਥਾਂ ਤਾਂ ਲਹੂ ਦਾ ਛੱਪੜ ਲੱਗਿਆ ਹੋਇਆ ਸੀ ਪਰ ਜਿਸ ਪਾਸੇ ਉਸ ਦੀਆਂ ਲੱਤਾਂ ਸਨ ਉੱਥੇ ਲਹੂ ਦਾ ਕੋਈ ਨਿਸ਼ਾਨ ਨਹੀਂ ਸੀ। ਜਿਨ੍ਹਾਂ ਰੁੱਖ਼ਾਂ ਉੱਪਰ ਗੋਲੀਆਂ ਦੇ ਨਿਸ਼ਾਨ ਦੱਸੇ ਜਾ ਰਹੇ ਹਨ ਉੱਥੇ ਗੋਲੀਆਂ ਲੱਗਣ ਨਾਲ ਜਲਣ ਦੇ ਕੋਈ ਨਿਸ਼ਾਨ ਨਹੀਂ ਹਨ। ਅਸਲ ਵਿਚ ਮ੍ਰਿਤਕ ਦੀ ਬੁਰੀ ਤਰ੍ਹਾਂ ਨੁਕਸਾਨੀ ਹੋਈ ਲਾਸ਼ ਦੀ ਤੁਲਨਾ ਜੇ ਉਸ ਥਾਂ ਨਾਲ ਕੀਤੀ ਜਾਵੇ (ਜਿੱਥੋਂ ਲਾਸ਼ ਮਿਲੀ) ਜਿੱਥੇ ਕੁਝ ਵੀ ਹਿੱਲਿਆ ਹੋਇਆ ਨਹੀਂ ਤਾਂ ਇਸ ਤੋਂ ਕਾਫ਼ੀ ਸ਼ੱਕ ਪੈਦਾ ਹੁੰਦਾ ਹੈ। ਜੇ ਉੱਥੇ ਗੋਲੀਆਂ ਦਾ ਭਾਰੀ ਅਦਾਨ-ਪ੍ਰਦਾਨ ਹੋਇਆ ਹੁੰਦਾ ਤਾਂ ਆਲੇ-ਦੁਆਲੇ ਇਸ ਨੂੰ ਦਰਸਾਉਂਦੇ ਨਿਸ਼ਾਨ ਜ਼ਰੂਰ ਹੁੰਦੇ। ਸਭ ਤੋਂ ਵੱਧ ਸ਼ੱਕ ਇਸ ਤੋਂ ਪੈਦਾ ਹੁੰਦਾ ਹੈ ਕਿ ਜੇ ਉੱਥੇ ਗੋਲੀਆਂ ਦਾ ਵਟਾਂਦਰਾ ਹੋਇਆ ਅਤੇ ਇਸ ਥਾਂ ਗੋਲੀਆਂ ਸ਼ੂਕਦੀਆਂ ਲੰਘਦੀਆਂ ਰਹੀਆਂ ਤਾਂ ਲਾਸ਼ ਤੋਂ ਕੁਝ ਇੰਚ ਦੂਰ ਸਿਉਂਕ ਦੀ ਵਰਮੀ ਉੱਪਰ ਇਸ ਦਾ ਕੋਈ ਨਿਸ਼ਾਨ ਕਿਉਂ ਨਹੀਂ ਹੈ। ਸੁੱਕੇ ਪੱਤਿਆਂ ਉੱਪਰ ਗੋਲੀਬਾਰੀ ਦੀ ਅੱਗ ਦੀਆਂ ਚਿੰਗਾੜੀਆਂ ਨਾਲ ਜਲਣ ਦੇ ਕੋਈ ਨਿਸ਼ਾਨ ਨਹੀਂ ਹਨ। ਟੀਮ ਦੇ ਮੈਂਬਰਾਂ ਨੇ ਚਾਰ-ਚੁਫੇਰੇ ਤੁਰ-ਫਿਰਕੇ ਰੁੱਖ਼ਾਂ ਜਾਂ ਸਿਉਂਕ ਦੀ ਵਰਮੀ ਉੱਪਰ ਗੋਲੀਆਂ ਦੇ ਨਿਸ਼ਾਨ ਲੱਭਣ ਦੀ ਕੋਸ਼ਿਸ਼ ਕੀਤੀ। ਕੁਝ ਰੁੱਖ਼ਾਂ ਉੱਪਰ ਟੱਕ ਜ਼ਰੂਰ ਲੱਗੇ ਹੋਏ ਸਨ ਪਰ ਸਿਉਂਕ ਦੀ ਵਰਮੀ  ਨੂੰ ਕਿਤੇ ਕੋਈ ਨੁਕਸਾਨ ਨਹੀਂ ਪੁੱਜਿਆ ਹੋਇਆ ਅਤੇ ਰਾਈਫਲਾਂ ਅਤੇ ਮੌਰਟਰਾਂ ਦੀਆਂ ਭਾਰੀ ਗੋਲੀਬਾਰੀ ਨਾਲ ਸੜਨ ਦਾ ਇਕ ਵੀ ਨਿਸ਼ਾਨ ਉੱਥੇ ਨਹੀਂ ਮਿਲਿਆ!

ਪਿੰਡ ਦੇ ਵਸਨੀਕਾਂ ਵਲੋਂ ਦਿੱਤਾ ਵੇਰਵਾ: ਸੋਰਾਕਾਟਾ ਬਸਤੀ ਵਾਲਿਆਂ ਨੇ ਸਾਨੂੰ ਦੱਸਿਆ ਕਿ ਘਟਨਾ ਤੋਂ ਦੋ ਦਿਨ ਪਹਿਲਾਂ ਸੁਰੱਖਿਆ ਤਾਕਤਾਂ ਦੀ ਹਲਚਲ ਦੇਖਣ ‘ਚ ਆਈ ਸੀ ਅਤੇ 24 ਨਵੰਬਰ ਨੂੰ ਇਹ ਇਕਦਮ ਵਧ ਗਈ ਜਦੋਂ ਸਵੇਰ ਨੂੰ 10-11 ਵਜੇ ਸੁਰੱਖਿਆ ਮੁਲਾਜ਼ਮਾਂ ਨੇ ਪਿੰਡ ਵਾਸੀਆਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਅਤੇ ਬਾਹਰ ਨਾ ਨਿਕਲਣ ਲਈ ਆਖਿਆ। ਪਿੰਡ ਵਾਲਿਆਂ ਅਨੁਸਾਰ, ਤਿੰਨ ਦਿਨ ਸੁਰੱਖਿਆ ਤਾਕਤਾਂ ਦੀ ਜ਼ੋਰਦਾਰ ਹਲਚਲ ਦੌਰਾਨ ਉਨ੍ਹਾਂ ਨੇ ਕੋਈ ਅਨਾਊਂਸਮੈਂਟ ਨਹੀਂ ਸੁਣੀ, ਕਿਸ਼ਨਜੀ ਨੂੰ ਆਤਮ-ਸਮਰਪਣ ਕਰ ਦੇਣ ਲਈ ਕਹਿਣ ਦੀ ਤਾਂ ਗੱਲ ਹੀ ਛੱਡੋ। 24 ਤਰੀਕ ਨੂੰ 4 ਤੋਂ 5 ਵਜੇ ਦਰਮਿਆਨ ਉਨ੍ਹਾਂ ਨੇ ਰੌਲਾ-ਰੱਪਾ ਸੁਣਿਆ ਜਿਸ ਤੋਂ ਬਾਅਦ ਲਗਭਗ 15 ਤੋਂ 30 ਮਿੰਟ ਗੋਲੀਆਂ ਚਲਦੀਆਂ ਰਹੀਆਂ। ਖ਼ਾਸ ਗੱਲ ਇਹ ਹੋਈ ਕਿ ਇਕ ਸਥਾਨਕ ਝੋਲਾਛਾਪ ਡਾਕਟਰ ਬੁਧੇਵ ਮਹਾਤੋ ਅਤੇ 20 ਕੁ ਸਾਲ ਦੇ ਵਿਦਿਆਰਥੀ ਤਾਰਾਚੰਦ ਟੁਡੂ ਨੂੰ ਚੁੱਕਕੇ 25/11/2011 ਦੇ ਕੇਸ ਨੰਬਰ 46/11 ‘ਚ ਫਸਾ ਦਿੱਤਾ ਗਿਆ ਅਤੇ ਭਾਰਤੀ ਦੰਡਾਵਲੀ ਦੀ ਧਾਰਾ 307 ਅਤੇ ਹੋਰ ਧਾਰਾਵਾਂ ਲਗਾ ਦਿੱਤੀਆਂ ਗਈਆਂ।
ਬੁਰੀਸੋਲ ਤੋਂ ਪੰਜ ਕਿਲੋਮੀਟਰ ਦੂਰੀ ‘ਤੇ ਵਸੇ ਪਿੰਡ ਗੋਸਾਈਬੰਧ ਤੋਂ ਧਰਮਿੰਦਰ ਨਾਂ ਦੇ ਲੜਕੇ, ਜੋ ਸਥਾਨਕ ਕਾਲਜ ‘ਚ ਭੂਗੋਲ ਵਿਸ਼ੇ ‘ਚ ਤੀਜੇ ਸਾਲ ਦਾ ਵਿਦਿਆਰਥੀ ਹੈ, ਨੂੰ ਪੁਲਿਸ ਨੇ ਕਿਸ਼ਨਜੀ ਨੂੰ ਸ਼ਰਣ ਦੇਣ ਦੇ ਝੂਠੇ ਇਲਜ਼ਾਮ ‘ਚ ਚੁੱਕ ਲਿਆ ਅਤੇ ਉਸ ਤੋਂ ਲੈਪਟਾਪ ਬਰਾਮਦ ਹੋਣ ਦਾ ਦਾਅਵਾ ਕੀਤਾ। ਉਸ ਦੇ ਪਰਿਵਾਰ ਦਾ ਕਹਿਣਾ ਸੀ ਕਿ ਬੈਗ ਜ਼ਰੂਰ ਧਰਮਿੰਦਰ ਦਾ ਸੀ ਪਰ ਉਸ ਵਿਚ ਲੈਪਟਾਪ ਕੋਈ ਨਹੀਂ ਸੀ ਇਸ ਦੀ ਥਾਂ ਵੀਹ ਹਜ਼ਾਰ ਰੁਪਏ ਪੁਲਿਸ ਨੇ ਚੋਰੀ ਕਰ ਲਏ ਅਤੇ ਪਰਿਵਾਰ ਦਾ ਰਾਸ਼ਨ ਕਾਰਡ, ਸਰਟੀਫਿਕੇਟ ਅਤੇ ਓ ਬੀ ਸੀ ਦਾ ਕਾਰਡ ਵੀ ਚੁੱਕਕੇ ਲੈ ਗਏ।
ਪੁਲਿਸ ਥਾਣਾ ਜੰਬੋਨੀ: ਟੀਮ ਮੈਂਬਰਾਂ ਨੇ ਐੱਸ ਆਈ ਸਬਿਆਸਾਚੀ ਬੋਧਕ ਨਾਲ ਗੱਲਬਾਤ ਕੀਤੀ ਅਤੇ ਉਸਨੂੰ ਪੁੱਛਿਆ ਕਿ ਉਸ ਨੂੰ ਮੁਕਾਬਲੇ ਦੀ ਸੂਚਨਾ ਕਦੋਂ ਮਿਲੀ, ਸੂਚਨਾ ਕਿਸ ਨੇ ਦਿੱਤੀ ਅਤੇ ਐੱਫ ਆਈ ਆਰ ਕਿਸਨੇ ਲਿਖੀ ਕਿਉਂਕਿ ਘਟਨਾ ਉਸ ਦੇ ਅਧਿਕਾਰ-ਖੇਤਰ ‘ਚ ਹੋਈ ਸੀ। ਇਨ੍ਹਾਂ ਅਧਿਕਾਰੀਆਂ ਮੁਤਾਬਿਕ ਉਨ੍ਹਾਂ ਨੂੰ ਇਸ ਦੀ ਸੂਚਨਾ ਰਾਤ ਨੂੰ ਸਾਢੇ ਦਸ ਵਜੇ ਜੰਗਲਮਹੱਲ ਦੇ ਵਧੀਕ ਐੱਸ ਪੀ ਅਲੋਕਨਾਥ ਰਾਜੋਰੀ ਤੋਂ ਮਿਲੀ ਸੀ। ਅਤੇ ਇਸੇ ਵਧੀਕ ਐੱਸ ਪੀ ਨੇ ਐੱਫ ਆਈ ਆਰ ਲਿਖੀ ਸੀ। ਇਹ ਨੋਟ ਕਰਨ ਵਾਲੀ ਗੱਲ ਹੈ ਕਿ ਇਸ ਦੀ ਜਾਂਚ ਦਾ ਕੰਮ ਕਰਾਈਮ ਬਰਾਂਚ-ਸੀ ਆਈ ਡੀ ਦੇ ਡੀ ਐੱਸ ਪੀ ਨੂੰ ਸੌਂਪਿਆ ਗਿਆ ਹੈ ਜਦਕਿ ਰਪਟ ਦਰਜ ਕਰਨ ਵਾਲਾ ਸੀਨੀਅਰ ਅਧਿਕਾਰੀ ਹੈ। ਇਹ ਕੁਦਰਤੀ ਨਿਆਂ ਦੇ ਮੂਲ ਸਿਧਾਂਤ ਦੀ ਹੀ ਉਲੰਘਣਾ ਹੈ ਕਿ ਇਕ ਜੂਨੀਅਰ ਅਫ਼ਸਰ ਰਪਟ ਦਰਜ ਕਰਨ ਵਾਲੇ ਸੀਨੀਅਰ ਅਫ਼ਸਰ ਦੇ ਜੁਰਮ ਦੀ ਜਾਂਚ ਕਰੇ।
ਅਸੀਂ ਇਹ ਲਾਜ਼ਮੀ ਧਿਆਨ ‘ਚ ਲਿਆਉਣਾ ਚਾਹੁੰਦੇ ਹਾਂ ਕਿ ਕਿਸ਼ਨਜੀ ਦੇ ਸਰੀਰ ‘ਤੇ ਜ਼ਖ਼ਮ ਕਿਹੋ ਜਹੇ ਸਨ। ਸਰੀਰ ਉੱਪਰ ਗੋਲੀ ਦੇ ਜ਼ਖ਼ਮ, ਤੇਜ਼ਧਾਰ ਨਾਲ ਲੱਗੇ ਟੱਕ ਅਤੇ ਜਲਣ ਦੇ ਨਿਸ਼ਾਨ ਸਨ। ਹੈਰਾਨੀ ਦੀ ਗੱਲ ਇਹ ਸੀ ਕਿ ਉਸ ਦੀ ਕਮੀਜ਼ ਅਤੇ ਪੈਂਟ ਉੱਪਰ ਇਹੋ ਜਹੇ ਕੋਈ ਨਿਸ਼ਾਨ ਨਹੀਂ ਸਨ।
h ਸਿਰ ਉੱਪਰ ਜ਼ਖ਼ਮ : ਸੱਜੀ ਅੱਖ ਦਾ ਡੇਲਾ ਬਾਹਰ ਲਟਕਿਆ ਹੋਇਆ ਸੀ। ਜਬਾੜ੍ਹੇ ਦਾ ਹੇਠਲਾ ਹਿੱਸਾ ਗਾਇਬ ਸੀ ਇਸ ਦੀ ਥਾਂ ਜਲਣ ਦੇ ਨਿਸ਼ਾਨ ਪਏ ਹੋਏ ਸਨ। ਸਿਰ ਦੇ ਪਿਛਲੇ ਪਾਸੇ ਖੋਪੜੀ ਦਾ ਇਕ ਹਿੱਸਾ ਗਾਇਬ ਸੀ। ਚਿਹਰੇ ਉੱਪਰ ਚਾਰ ਥਾਵਾਂ ‘ਤੇ ਸੰਗੀਨ ਨਾਲ ਵਿੰਨੇ ਜਾਣ ਵਰਗੇ ਨਿਸ਼ਾਨ ਸਨ। ਗਰਦਣ ਦੇ ਤੀਜੇ ਹਿੱਸੇ ਉੱਪਰ ਤਿਰਛਾ ਜ਼ਖ਼ਮ ਸੀ।
h ਸੱਜੀ ਬਾਂਹ ਦੇ ਅਗਲੇ ਹਿੱਸੇ ਦੀ ਹੱਡੀ ਟੁੱਟੀ ਹੋਈ ਸੀ ਜਦਕਿ ਚਮੜੀ ਉੱਪਰ ਕੋਈ ਬਾਹਰੀ ਜ਼ਖ਼ਮ ਨਹੀਂ ਸੀ।
h ਸੱਜੀ ਬਾਂਹ ਉੱਪਰ ਗੋਲੀਆਂ ਦੇ  ਤਿੰਨ ਨਿਸ਼ਾਨ ਸਨ। ਦੋਵੇਂ ਗਿੱਟੇ ਟੁੱਟੇ ਹੋਏ ਸਨ ਅਤੇ ਖੱਬਾ ਪੈਰ ਅੱਧਾ ਲਮਕ ਰਿਹਾ ਸੀ। ਸੱਜੇ ਪੈਰ ਦੀ ਤਲੀ ਦੀ ਚਮੜੀ ਗਾਇਬ ਸੀ ਤੇ ਸੜੀ ਹੋਈ ਸੀ। ਖੱਬੇ ਹੱਥ ਦੀ ਵਿਚਕਾਰਲੀ ਉਂਗਲੀ ਦਾ ਤੀਜਾ ਹਿੱਸਾ ਗਾਇਬ ਸੀ। ਸਰੀਰ ਦੇ ਅਗਲੇ ਪਾਸੇ ਸੰਗੀਨ ਖੋਭੇ ਜਾਣ ਵਰਗੇ 30 ਟੱਕ ਲੱਗੇ ਹੋਏ ਸਨ।
ਸਾਨੂੰ ਕਾਰਜਕਾਰੀ ਮੈਜਿਸਟ੍ਰੇਟ ਵਲੋਂ ਤਿਆਰ ਕੀਤੀ ਅਦਾਲਤੀ ਜਾਂਚ ਦੀ ਰਿਪੋਰਟ ਨਹੀਂ ਦਿੱਤੀ ਗਈ ਨਾ ਹੀ ਪੋਸਟਮਾਰਟਮ ਦੀ ਰਿਪੋਰਟ ਦਿੱਤੀ ਗਈ ਫਿਰ ਵੀ ਟੀਮ ਦੇ ਮੈਂਬਰਾਂ ਨੇ ਇਸ ਨੂੰ ਪੜ੍ਹਕੇ ਨੋਟ ਲੈ ਲਏ। ਹੈਰਾਨੀ ਦੀ ਗੱਲ ਇਹ ਸੀ ਕਿ ਰਿਪੋਰਟ ਵਿਚ ਗੋਲੀ ਲੱਗਣ ਅਤੇ ਗੋਲੀ ਬਾਹਰ ਨਿਕਲਣ ਦੇ ਜ਼ਖ਼ਮਾਂ ਨੂੰ ਛੱਡਕੇ ਉਪਰੋਕਤ ਕੋਈ ਵੀ ਜ਼ਖ਼ਮ ਦਰਜ ਨਹੀਂ ਕੀਤਾ ਗਿਆ ਸੀ।
ਅਸੀਂ ਇਸ ਨਤੀਜੇ ‘ਤੇ ਪਹੁੰਚੇ: ਸਰੀਰ ਨੂੰ ਪਹੁੰਚੇ ਨੁਕਸਾਨ ਦੇ ਮੁਕਾਬਲੇ ਆਲੇ-ਦੁਆਲੇ ਦੀ ਥਾਂ ਆਮ ਵਾਂਗ ਸੀ। ਇਸਨੂੰ ਦੇਖਦੇ ਹੋਏ ਸਰਕਾਰੀ ਪੱਖ ਬਾਰੇ ਸ਼ੱਕ ਖੜ੍ਹੇ ਹੁੰਦੇ ਹਨ। ਜੋ ਸਰਕਾਰੀ ਪੱਖ ਪੇਸ਼ ਕੀਤਾ ਗਿਆ ਉਸ ਵਿਚ ਇਕਸੁਰਤਾ ਨਹੀਂ ਹੈ। ਮਿਸਾਲ ਵਜੋਂ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਕਿ ਕਿਸ਼ਨਜੀ ਅਤੇ ਉਸਦੇ ਸਾਥੀ ਤਿੰਨ ਦਿਨ ਘਿਰੇ ਰਹੇ ਅਤੇ ਉਨ੍ਹਾਂ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਗਿਆ, ਪਰ ਪਿੰਡ ਦੇ ਵਾਸੀ ਕਹਿੰਦੇ ਹਨ ਕਿ ਉਨ੍ਹਾਂ ਨੇ ਲਾਊਡ ਸਪੀਕਰ ਉੱਪਰ ਕਿਸੇ ਤਰ੍ਹਾਂ ਦਾ ਕੋਈ ਐਲਾਨ ਨਹੀਂ ਸੁਣਿਆ, ਆਤਮ-ਸਮਰਪਣ ਲਈ ਕਹਿਣ ਦੀ ਤਾਂ ਗੱਲ ਹੀ ਛੱਡੋ। ਸੀ ਆਰ ਪੀ ਐੱਫ ਦੇ ਡਾਇਰੈਕਟਰ ਜਨਰਲ ਸ੍ਰੀ ਵਿਜੇ ਕੁਮਾਰ ਨੇ 25 ਨਵੰਬਰ ਨੂੰ ਬਿਆਨ ਦਿੱਤਾ ਕਿ ਕਿਸ਼ਨਜੀ ਤਿੰਨ ਹੋਰ ਸਾਥੀਆਂ ਸਮੇਤ ਮੁਕਾਬਲੇ ‘ਚ ਮਾਰਿਆ ਗਿਆ ਜਦਕਿ ਲਾਸ਼ ਸਿਰਫ਼ ਇਕ ਹੀ ਮਿਲੀ! ਇਹ ਕਿਹਾ ਗਿਆ ਕਿ 15 ਤੋਂ 30 ਮਿੰਟ ਤੱਕ ਚੱਲੇ ਮੁਕਾਬਲੇ ਦੌਰਾਨ ਕਈ ਸੌ ਗੋਲੀਆਂ ਚੱਲੀਆਂ, ਇਹ ਗਿਣਤੀ ਉਸ ਥਾਂ ਦੀ ਹਾਲਤ ਨਾਲ ਮੇਲ ਨਹੀਂ ਖਾਂਦੀ ਜਿੱਥੋਂ ਲਾਸ਼ ਮਿਲੀ।
ਕਿਸ਼ਨਜੀ ਦੀ ਹੱਤਿਆ ਪੱਛਮੀ ਬੰਗਾਲ ਦੀ ਸਰਕਾਰ ਅਤੇ ਸੀ ਪੀ ਆਈ (ਮਾਓਵਾਦੀ) ਦਰਮਿਆਨ ਗੱਲਬਾਤ ਸ਼ੁਰੂ ਕਰਨ ਦੀਆਂ ਮੁੱਢਲੀਆਂ ਕੋਸ਼ਿਸ਼ਾਂ ਦੇ ਪਿਛੋਕੜ ‘ਚ ਹੋਈ ਹੈ। ਉਸ ਦੀ ਮੌਤ ਨਾਲ ਇਨ੍ਹਾਂ ਯਤਨਾਂ ਨੂੰ ਭਾਰੀ ਧੱਕਾ ਲੱਗਾ ਹੈ। ਅਸੀਂ ਹੈਰਾਨ ਹਾਂ ਕਿ ਉਹੀ ਕੁਝ ਫਿਰ  ਦੁਹਰਾਇਆ ਗਿਆ ਹੈ ਜੋ ਲੰਘੇ ਸਾਲ 1-2 ਜੁਲਾਈ ਨੂੰ ਵਾਪਰਿਆ ਸੀ ਜਦੋਂ ਚੇਰੂਕੁਰੀ ਰਾਜਕੁਮਾਰ ਉਰਫ਼ ਆਜ਼ਾਦ ਨੂੰ ਝੂਠੇ ਮੁਕਾਬਲੇ ‘ਚ ਮਾਰ ਦਿੱਤਾ ਗਿਆ ਸੀ।
ਅਸੀ ਇਹ ਧਿਆਨ ‘ਚ ਲਿਆਉਣਾ ਚਾਹੁੰਦੇ ਹਾਂ ਕਿ ਹਥਿਆਰਬੰਦ ਟਕਰਾਅ ਵਾਲੇ ਇਲਾਕੇ ਅੰਦਰ ਹੋਏ ਜੁਰਮ ਦੇ ਪ੍ਰਸੰਗ ‘ਚ ਪ੍ਰਸਾਸ਼ਨ ਦੀ ਇਕ ਸ਼ਾਖਾ ਵਲੋਂ ਦੂਜੀ ਸ਼ਾਖਾ ਦੇ ਰਵੱਈਏ ਦੀ ਜਾਂਚ ਨਿਰਪੱਖ ਅਤੇ ਬਿਨਾ ਪੱਖਪਾਤ ਨਹੀਂ ਹੋ ਸਕਦੀ। ਇਸ ਮਾਮਲੇ ‘ਚ ਕ੍ਰਾਈਮ ਬਰਾਂਚ-ਸੀ ਆਈ ਡੀ ਨੂੰ ਸਾਂਝੇ ਸੁਰੱਖਿਆ ਦਸਤਿਆਂ ਦੀ ਭੂਮਿਕਾ ਦੀ ਜਾਂਚ ਦਾ ਕੰਮ ਸੌਂਪਿਆ ਗਿਆ ਹੈ। ਸਾਡਾ ਵਿਸ਼ਵਾਸ ਹੈ ਕਿ ਸਿਰਫ਼ ਇਕ ਆਜ਼ਾਦਾਨਾ ਜਾਂਚ, ਭਾਵ ਵਿਸ਼ੇਸ਼ ਜਾਂਚ ਟੀਮ, ਹੀ ਸੱਚ ਸਾਹਮਣੇ ਲਿਆ ਸਕਦੀ ਹੈ।
ਇਸ ਤੋਂ ਸਾਡੇ ਸ਼ੱਕ ਦੀ ਪੁਸ਼ਟੀ ਹੁੰਦੀ ਜਾਪਦੀ ਹੈ ਕਿ ਇਹ ਹਿਰਾਸਤ ‘ਚ ਮੌਤ ਦਾ ਮਾਮਲਾ ਹੈ। ਇਸ ਲਈ ਅਸੀਂ ਮੰਗ ਕਰਦੇ ਹਾਂ:
1. ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜਾਂ ਸੇਵਾਮੁਕਤ ਜੱਜ ਤੋਂ ਕਿਸ਼ਨਜੀ ਦੀ ਮੌਤ ਦੇ ਹਾਲਾਤਾਂ ਦੀ ਆਜ਼ਾਦਾਨਾ ਅਦਾਲਤੀ ਜਾਂਚ ਕਰਾਈ ਜਾਵੇ।
2. ਭਾਰਤੀ ਦੰਡਾਵਲੀ ਦੀ ਦਫ਼ਾ 302 ਤਹਿਤ ਜੁਰਮ ਦਾ ਮੁਕੱਦਮਾ ਦਰਜ ਕੀਤਾ ਜਾਵੇ।
ਜਾਰੀ ਕਰਤਾ:
ਦੇਬਾਪ੍ਰਸਾਦ ਰਾਏਚੌਧਰੀ (ਜਨਰਲ ਸਕੱਤਰ ਏ ਪੀ ਡੀ ਆਰ)
ਸੀ ਐੱਚ ਚੰਦਰਸ਼ੇਖਰ (ਜਨਰਲ ਸਕੱਤਰ ਏ ਪੀ ਸੀ ਐੱਲ ਸੀ)
ਭਾਨੂ ਸਰਕਾਰ (ਸਕੱਤਰੇਤ ਮੈਂਬਰ ਬੀ ਐੱਮ ਐੱਸ)
ਗੌਤਮ ਨਵਲੱਖਾ (ਮੈਂਬਰ ਪੀ ਯੂ ਡੀ ਆਰ)

Advertisements
 
Leave a comment

Posted by on December 5, 2011 in Uncategorized

 

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google+ photo

You are commenting using your Google+ account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

w

Connecting to %s

 
%d bloggers like this: